Amrit Vele Da Hukamnama Gurudwara Baba Zorawar Singh Ji Baba Fateh Singh Ji – 19-1-26

ਸੂਹੀ ਮਹਲਾ ੫ ॥
ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ {ਪੰਨਾ 739}

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ, ਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।

ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।

ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

You may also like these