ਸਲੋਕ ॥
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ {ਪੰਨਾ 707}
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।
ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।
ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।