Amrit Vele Da Hukamnama Gurudwara Baba Zorawar Singh Ji Baba Fateh Singh Ji – 12-2-25

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ {ਪੰਨਾ 721-722}

ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ ‘ਘਰੁ ੩’ ਦਾ ਇਹ ਪਹਿਲਾ ਸ਼ਬਦ ਹੈ।

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥
ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥{ਪੰਨਾ 709}

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

Leave a Reply

Your email address will not be published. Required fields are marked *

You may also like these

Discover more from

Subscribe now to keep reading and get access to the full archive.

Continue reading