Amrit Vele Da Hukamnama Gurudwara Baba Zorawar Singh Ji Baba Fateh Singh Ji – 14-10-26

ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

ਧਨਾਸਰੀ ਮਹਲਾ ੩ ॥
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665}

ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿx-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

You may also like these