ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।