ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ {ਪੰਨਾ 693}
ਨੋਟ: ਲਫ਼ਜ਼ ‘ਆਲਾ’ ਦਾ ਅਰਥ ਕਈ ਸੱਜਣ ‘ਆਇਆ’ ਕਰਦੇ ਹਨ। ਇਸ ਲਫ਼ਜ਼ ‘ਆਲਾ’ ਨੂੰ ਉਹ ਧਾਤੂ ‘ਆ’ ਦਾ ‘ਭੂਤਕਾਲ’ ਮੰਨਦੇ ਹਨ। ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ ‘ਭੂਤਕਾਲ’ ਬਣਾਣ ਲਈ ਪਿਛੇਤਰ ‘ਲਾ’ ਵਰਤੀਦਾ ਹੈ। ਪਰ ਧਾਤੂ ‘ਆ’ ਤੋਂ ਮਰਾਠੀ ਵਿਚ ‘ਆਲਾ’ ਭੂਤਕਾਲ ਨਹੀਂ ਬਣਦਾ, ‘ਆ’ ਅਤੇ ‘ਲਾ’ ਦੇ ਵਿਚਕਾਰ ‘ਇ’ ਭੀ ਵਰਤੀ ਜਾਂਦੀ ਹੈ। ‘ਆ’ ਤੋਂ ਭੂਤਕਾਲ ‘ਆਇਲਾ’ ਹੈ; ਜਿਵੇਂ:
“ਗਰੁੜ ਚੜੇ ਗੋਬਿੰਦੁ ਆਇਲਾ” {ਨਾਮਦੇਵ ਜੀ}
ਲਫ਼ਜ਼ ‘ਤੇ’ ਦਾ ਉਹ ਸੱਜਣ ‘ਅਤੇ’ ਅਰਥ ਕਰਦੇ ਹਨ। ਇਹ ਭੀ ਗ਼ਲਤ ਹੈ। ‘ਤੇ’ ਦਾ ਅਰਥ ਹੈ ‘ਤੋਂ’। ‘ਅਤੇ’ ਵਾਸਤੇ ਪੁਰਾਣੀ ਪੰਜਾਬੀ ਵਿਚ ਲਫ਼ਜ਼ ‘ਤੈ’ ਹੈ।੩।
ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {“ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ”}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) (“ਦੁਯੀ ਕੁਦਰਤਿ ਸਾਜੀਐ”) । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) (“ਕਰਿ ਆਸਣੁ ਡਿਠੋ ਚਾਉ”) । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ।
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।
ਸ਼ਬਦ ਦਾ ਭਾਵ: ਮਾਇਆ ਦਾ ਪ੍ਰਭਾਵ ਅਤੇ ਇਸ ਦਾ ਇਲਾਜ।
ਇਹ ਸਾਰੀ ਮਾਇਕ ਰਚਨਾ ਪ੍ਰਭੂ ਤੋਂ ਹੀ ਹੋਈ ਹੈ, ਪ੍ਰਭੂ ਸਭ ਵਿਚ ਵਿਆਪਕ ਹੈ। ਪਰ ਜੀਵ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਹੱਥ ਉੱਤੇ ਨੱਚ ਰਹੇ ਹਨ। ਪ੍ਰਭੂ ਦੀ ਸ਼ਰਨ ਪਿਆਂ ਹੀ ਇਸ ਤੋਂ ਬਚੀਦਾ ਹੈ।
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
ਅਰਥ: (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।



