ਸੂਹੀ ਮਹਲਾ ੪ ॥
ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 733-734}
ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।
ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।
ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।
ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।
ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।
ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।