ਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥
ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥
ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥ {ਪੰਨਾ 849}
ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ।
ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।੧।
ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ।
ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੧।
ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) । ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ। ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ।੨।